ETT 2364 ਅਧਿਆਪਕ ਭਰਤੀ ਦੀ ਚੌਥੀ ਮੈਰਿਟ ਸੂਚੀ ਜਲਦ ਜਾਰੀ ਕਰਨ ਅਤੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਸਿੱਖਿਆ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੂਬੇ ਭਰ ਤੋਂ ਪਹੁੰਚੇ ਉਮੀਦਵਾਰਾਂ ਨੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਯੂਨੀਅਨ ਆਗੂਆਂ ਨੇ ਕਿਹਾ ਕਿ ETT 2364 ਭਰਤੀ ਲੰਬੇ ਸਮੇਂ ਤੋਂ ਲਟਕੀ ਹੋਈ ਹੈ ਅਤੇ ਵਿਭਾਗ ਵੱਲੋਂ ਹੁਣ ਤੱਕ ਤਿੰਨ ਮੈਰਿਟ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਬਾਵਜੂਦ ਕਈ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਅਨੁਸਾਰ ਦਸਤਾਵੇਜ਼ਾਂ ਦੀ ਪੜਤਾਲ ਅਤੇ ਹੋਰ ਵਿਭਾਗੀ ਕਾਰਵਾਈ ਪੂਰੀ ਹੋਣ ਦੇ ਬਾਵਜੂਦ ਚੌਥੀ ਸੂਚੀ ਜਾਰੀ ਨਹੀਂ ਕੀਤੀ ਜਾ ਰਹੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੇਰੀ ਕਾਰਨ ਯੋਗ ਉਮੀਦਵਾਰਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਈ ਉਮੀਦਵਾਰ ਉਮਰ ਹੱਦ ਪਾਰ ਕਰਨ ਦੀ ਕਗਾਰ ’ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਚੌਥੀ ਮੈਰਿਟ ਸੂਚੀ ਤੁਰੰਤ ਜਾਰੀ ਕਰਕੇ ਚੁਣੇ ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਕੀਤੇ ਜਾਣ ਅਤੇ ਨਿਯੁਕਤੀ ਪੱਤਰ ਸੌਂਪੇ ਜਾਣ।