ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR) 2027 ਤਹਿਤ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਵੇਰਵਿਆਂ ਵਿੱਚ ਸੋਧ ਲਈ ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਗਈ ਹੈ, ਜੋ 11 ਦਸੰਬਰ 2026 ਤੱਕ ਜਾਰੀ ਰਹੇਗੀ।

ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਹੋਵੇਗੀ। ਇਸ ਸਬੰਧੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ।

ਚੋਣ ਕਮਿਸ਼ਨ ਅਨੁਸਾਰ ਵੋਟਰ ਸੂਚੀ ਵਿੱਚ ਨਵਾਂ ਨਾਮ ਦਰਜ ਕਰਵਾਉਣ ਲਈ ਫਾਰਮ 6, ਪ੍ਰਵਾਸੀ ਵੋਟਰਾਂ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਅਤੇ ਵੇਰਵਿਆਂ ਵਿੱਚ ਸੋਧ ਜਾਂ ਪਤਾ ਬਦਲਣ ਲਈ ਫਾਰਮ 8 ਭਰਿਆ ਜਾ ਸਕਦਾ ਹੈ। ਜਿਹੜੇ ਨੌਜਵਾਨ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਵੋਟਰ ਆਪਣਾ ਨਾਮ ਅਤੇ ਵੇਰਵੇ www.ceopunjab.gov.in ਜਾਂ voters.eci.gov.in ’ਤੇ ਚੈੱਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਹਾਇਤਾ ਲਈ 1950 ਹੈਲਪਲਾਈਨ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਚੋਣ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।