ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ। ਪਰਿਵਾਰ ਨੂੰ ਅਜੇ ਤੱਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜੇਲ੍ਹ ਤੋਂ ਪਿੰਡ ਲਿਆਉਣ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ। ਇਸ ਕਾਰਨ ਸ਼ਨਿਚਰਵਾਰ ਨੂੰ ਅੰਤਿਮ ਸੰਸਕਾਰ ਹੋਣ ਦੀ ਸੰਭਾਵਨਾ ਘੱਟ ਨਜ਼ਰ ਆ ਰਹੀ ਹੈ।

ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਜੇ ਤੱਕ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਕੀਤਾ। ਉਨ੍ਹਾਂ ਮੁਤਾਬਕ, ਪਰਿਵਾਰ ਚਾਹੁੰਦਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ, ਅਸਥੀਆਂ ਚੁਗਣ

ਦੀ ਰਸਮ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਪਰਿਵਾਰ ਦੀ ਕਾਨੂੰਨੀ ਟੀਮ ਸ਼ਨਿਚਰਵਾਰ ਨੂੰ ਅਦਾਲਤ ਵਿੱਚ ਪੱਖ ਰੱਖੇਗੀ ਅਤੇ ਅੰਤਿਮ ਸੰਸਕਾਰ ਦੀ ਤਰੀਕ ਅੱਗੇ ਵਧਾਉਣ ਦੀ ਮੰਗ ਕਰੇਗੀ। ਪਰਿਵਾਰ ਦਾ ਕਹਿਣਾ ਹੈ ਕਿ ਫਿਲਹਾਲ ਸਿਰਫ਼ ਇੱਕ ਦਿਨ ਦੀ ਇਜਾਜ਼ਤ ਮਿਲੀ ਹੈ, ਜਿਸ ਨੂੰ ਵਧਾਉਣ ਲਈ ਮੁੜ ਅਪੀਲ ਕੀਤੀ ਜਾਵੇਗੀ।

ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਪਾਲ ਸਿੰਘ ਨਾਲ ਫ਼ੋਨ ’ਤੇ ਗੱਲ ਹੋਈ ਸੀ, ਪਰ ਉਸ ਸਮੇਂ ਤੱਕ ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਆਵਾਜਾਈ ਅਤੇ ਸੁਰੱਖਿਆ ਦਾ ਸਾਰਾ ਖ਼ਰਚਾ ਪਰਿਵਾਰ ਅਦਾਲਤੀ ਹੁਕਮਾਂ ਅਨੁਸਾਰ ਚੁੱਕਣ ਲਈ ਤਿਆਰ ਹੈ। ਉੱਧਰ, ਦਾਦੀ ਦੇ ਦੇਹਾਂਤ ਤੋਂ ਬਾਅਦ ਪਿੰਡ ਵਿੱਚ ਰਿਸ਼ਤੇਦਾਰਾਂ ਅਤੇ ਸੰਗਤ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਹੁਣ ਪਰਿਵਾਰ ਦੀਆਂ ਨਜ਼ਰਾਂ ਅਦਾਲਤ ਦੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ।