ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਬੀਬੀ ਜਗੀਰ ਕੌਰ 15 ਨਵੰਬਰ ਨੂੰ ਪਾਰਟੀ ਵਿੱਚ ਸ਼ਾਮਲ ਹੋਣਗੇ। ਉਹ ਰਾਏਕੋਟ ਦੇ ਪਿੰਡ ਨੱਥੋਵਾਲ ਵਿੱਚ ਪਾਰਟੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਂਦਿਆਂ ਰਾਏਕੋਟ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ 4 ਰੁਪਏ ਪ੍ਰਤੀ ਕਿਲੋ ਕਣਕ, 20 ਰੁਪਏ ਕਿਲੋ ਦਾਲਾਂ, ਸ਼ਗਨ ਸਕੀਮ ਤਹਿਤ 1 ਲੱਖ ਰੁਪਏ, ਬਜ਼ੁਰਗਾਂ ਨੂੰ 3,100 ਰੁਪਏ ਮਹੀਨਾਵਾਰ ਪੈਨਸ਼ਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਬਿਨਾਂ ਵਿਆਜ 10 ਲੱਖ ਰੁਪਏ ਦਾ ਕਰਜ਼ਾ ਦੇਣ ਦੇ ਵਾਅਦੇ ਸ਼ਾਮਲ ਹਨ। ਇਸ ਤੋਂ ਇਲਾਵਾ ਡੇਅਰੀ ਕਿੱਤੇ ਲਈ 75 ਫ਼ੀਸਦੀ ਸਬਸਿਡੀ ਦੇਣ ਦਾ ਵੀ ਐਲਾਨ ਕੀਤਾ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਸ਼ਿਆਂ, ਗੈਂਗਸਟਰਵਾਦ ਅਤੇ ਸੂਬੇ ਦੀ ਮਾੜੀ ਆਰਥਿਕ ਸਥਿਤੀ ਨੂੰ ਲੈ ਕੇ ਨਿਸ਼ਾਨਾ ਸੇਧਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੋਲ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੈਸਾ ਨਹੀਂ ਹੈ, ਪਰ ਇਸ਼ਤਿਹਾਰਾਂ ’ਤੇ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਅਤੇ ਹਰ ਸਾਲ ਸਰਕਾਰੀ ਸਮਾਗਮ ਕਰਵਾਉਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਨੌਕਰੀ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਜੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ। ਕਾਨਫਰੰਸ ਵਿੱਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਸਮੇਤ ਕਈ ਆਗੂ ਮੌਜੂਦ ਸਨ।





