ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਬਿਆਨਾਂ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਆਪਣੀ ਗ਼ਲਤੀ ਸਵੀਕਾਰ ਕੀਤੀ ਅਤੇ ਧਾਰਮਿਕ ਸਜ਼ਾ (ਤਨਖ਼ਾਹ) ਭੁਗਤਣ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਹੈ।
ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗਿਆਸਪੁਰਾ ਨੂੰ ਤਨਖਾਹੀਆ ਐਲਾਨਿਆ ਗਿਆ ਸੀ। ਉਨ੍ਹਾਂ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਵਿਰੁੱਧ ਜਾਤੀ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਤੇ ਧਾਰਮਿਕ ਸ਼ਖ਼ਸੀਅਤਾਂ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਦੋਸ਼ ਸਨ।
ਇਹ ਵਿਵਾਦ 12 ਅਕਤੂਬਰ ਨੂੰ ਉਸ ਸਮੇਂ ਸ਼ੁਰੂ ਹੋਇਆ ਸੀ, ਜਦੋਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਪਹੁੰਚੇ ਸਨ। ਇਸ ਦੌਰਾਨ ਗਿਆਸਪੁਰਾ ਨੂੰ ਸਕੱਤਰੇਤ ਵਿੱਚ ਦਾਖ਼ਲਾ ਨਹੀਂ ਮਿਲਿਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਨੂੰ ਰੋਕਿਆ ਗਿਆ। ਹਾਲਾਂਕਿ, ਸਕੱਤਰੇਤ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਕਾਰਨ ਦਾਖ਼ਲਾ ਨਹੀਂ ਦਿੱਤਾ ਗਿਆ ਸੀ।
ਇਸ ਮਾਮਲੇ ਤੋਂ ਬਾਅਦ 16 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕਰੀਬ 12 ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਗਿਆਸਪੁਰਾ ਦੇ ਬਿਆਨਾਂ ਤੋਂ ਖ਼ੁਦ ਨੂੰ ਵੱਖ ਕੀਤਾ ਅਤੇ ਆਪਣੀ ਗ਼ਲਤੀ ਲਈ ਮੁਆਫ਼ੀ ਮੰਗੀ ਸੀ।
ਪੰਜ ਸਿੰਘ ਸਾਹਿਬਾਨ ਨੇ ਗਿਆਸਪੁਰਾ ਨੂੰ ਤਨਖਾਹੀਆ ਐਲਾਨਦਿਆਂ ਹਦਾਇਤ ਕੀਤੀ ਸੀ ਕਿ ਧਾਰਮਿਕ ਸਜ਼ਾ ਪੂਰੀ ਕਰਨ ਤੱਕ ਸੰਗਤ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖੇ। ਹੁਣ ਗਿਆਸਪੁਰਾ ਵੱਲੋਂ ਮੁਆਫ਼ੀ ਮੰਗਣ ਅਤੇ ਸਮਾਂ ਦੇਣ ਦੀ ਅਪੀਲ ਤੋਂ ਬਾਅਦ ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੈਅ ਕੀਤੀ ਜਾਵੇਗੀ।





