ਅਸਾਮ ਦੇ ਗੁਹਾਟੀ ਵਿੱਚ ਸ਼ੁੱਕਰਵਾਰ ਨੂੰ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ, ਜਿੱਥੇ 9ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੀ ਮਾਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਈ ਮਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਤੋਂ ਕੁਝ ਸਮੇਂ ਬਾਅਦ ਵਿਦਿਆਰਥੀ ਦੀ ਵੀ ਇੱਕ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ ਗਈ।

ਇਹ ਘਟਨਾ ਪੂਰਬੀ ਜੋਤੀਨਗਰ ਦੇ ਹਲਦੀ ਮਿਲ ਇਲਾਕੇ ਵਿੱਚ ਵਾਪਰੀ। ਹਮਲੇ ਵਿੱਚ ਜ਼ਖ਼ਮੀ ਹੋਈ ਮਾਂ ਚੰਦਰਾਨੀ ਕਲਿਤਾ ਨੂੰ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ (GMCH) ਦੇ ICU ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮਾਂ ’ਤੇ ਹਮਲਾ ਕਰਨ ਤੋਂ ਬਾਅਦ ਨਾਬਾਲਗ ਪੁੱਤਰ ਇੱਕ ਇਮਾਰਤ ਤੋਂ ਹੇਠਾਂ ਡਿੱਗ ਗਿਆ। ਗੰਭੀਰ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ। ਹਾਲਾਂਕਿ, ਉਹ ਇਮਾਰਤ ਤੋਂ ਕਿਵੇਂ ਡਿੱਗਿਆ ਅਤੇ ਇਸ ਪਿੱਛੇ ਕੀ ਕਾਰਨ ਸਨ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ।

ਇਲਾਕੇ ਦੀ ਸੀਸੀਟੀਵੀ ਫੁਟੇਜ ਵਿੱਚ ਨਾਬਾਲਗ ਘਰੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਪੁਲਿਸ ਵੱਲੋਂ ਦੋਵਾਂ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦਿਆਰਥੀ ਵੱਲੋਂ ਮਾਂ ’ਤੇ ਹਮਲਾ ਕਰਨ ਦੇ ਕਾਰਨਾਂ ਅਤੇ ਉਸ ਦੀ ਮੌਤ ਦੇ ਹਾਲਾਤਾਂ ਬਾਰੇ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।