ਬਾਜਾਖਾਨਾ ਦੇ ਸਰਕਾਰੀ ਹਸਪਤਾਲ ਵਿੱਚ ਦੀਵਾਲੀ ਵਾਲੇ ਦਿਨ ਗੰਭੀਰ ਮਰੀਜ਼ ਨੂੰ ਫ਼ਰੀਦਕੋਟ ਰੈਫ਼ਰ ਕਰਨ ਲਈ ਐਂਬੂਲੈਂਸ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਐਂਬੂਲੈਂਸ ਦਾ ਪ੍ਰਬੰਧ ਨਾ ਹੋਣ ਕਾਰਨ ਐਸਐਮਓ ਡਾ. ਅਵਤਾਰਜੀਤ ਸਿੰਘ ਗੋਂਦਾਰਾ ਨੂੰ ਮਰੀਜ਼ ਆਪਣੀ ਨਿੱਜੀ ਗੱਡੀ ਵਿੱਚ ਲਿਜਾਣਾ ਪਿਆ। ਬਾਅਦ ਵਿੱਚ ਮਰੀਜ਼ ਦੀ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਭਗਤਾ ਭਾਈਕਾ ਦੇ ਸੁਖਦੀਪ ਸਿੰਘ ਵਜੋਂ ਹੋਈ ਹੈ। ਐਸਐਮਓ ਅਨੁਸਾਰ, ਮਰੀਜ਼ ਦੀ ਹਾਲਤ ਵਿਗੜਨ ’ਤੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ਰੈਫ਼ਰ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ 108 ਐਂਬੂਲੈਂਸ ਨਾਲ ਸੰਪਰਕ ਨਹੀਂ ਹੋ ਸਕਿਆ ਅਤੇ ਸਰਕਾਰੀ ਐਂਬੂਲੈਂਸ ਦੇ ਚਾਲਕ ਨੇ ਪੈਸੇ ਜਮ੍ਹਾਂ ਕਰਵਾਉਣ ਦੀ ਮੰਗ ਕਰਦਿਆਂ ਮਰੀਜ਼ ਨੂੰ ਲਿਜਾਣ ਤੋਂ ਇਨਕਾਰ ਕਰ ਦਿੱਤਾ।
ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਐਸਐਮਓ ਦੇ ਦੋਸ਼ਾਂ ਨੂੰ ਵੱਖਰੇ ਤਰੀਕੇ ਨਾਲ ਪੇਸ਼ ਕਰਦਿਆਂ ਕਿਹਾ ਕਿ 108 ਐਂਬੂਲੈਂਸ ਸੇਵਾ ਮੁਫ਼ਤ ਹੈ, ਜਦਕਿ ਹੋਰ ਸਰਕਾਰੀ ਐਂਬੂਲੈਂਸ ਲਈ 10 ਰੁਪਏ ਪ੍ਰਤੀ ਕਿਲੋਮੀਟਰ ਫੀਸ ਲਾਗੂ ਹੈ। ਉਨ੍ਹਾਂ ਮੁਤਾਬਕ ਫੀਸ ਦੇਣ ਤੋਂ ਇਨਕਾਰ ਕਰਨ ਕਾਰਨ ਵਿਵਾਦ ਪੈਦਾ ਹੋਇਆ।
ਉੱਧਰ, ਸਮਾਜਸੇਵੀ ਅਤੇ 'ਆਪ' ਟਰੇਡ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਅਰਸ਼ ਸੱਚਰ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ ਸਹੀ ਪਾਏ ਜਾਣ ’ਤੇ ਐਂਬੂਲੈਂਸ ਚਾਲਕ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।





