ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਰੇਲਵੇ ਟਰੈਕ ’ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਰਾਜਸਥਾਨ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਗੁਰਦਾਸਪੁਰ ਤੋਂ ਇੱਕ ਲੜਕੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਹਿਕਪ੍ਰੀਤ ਕੌਰ (24) ਅਤੇ ਦਵਿੰਦਰ ਸਿੰਘ ਵਜੋਂ ਹੋਈ ਹੈ।
ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਅਨੁਸਾਰ, ਦੋਵੇਂ ਮੁਲਜ਼ਮ ਪਾਕਿਸਤਾਨ ਦੇ ਸਾਹ ਨਾਮਕ ਵਿਅਕਤੀ ਦੇ ਸੰਪਰਕ ਵਿੱਚ ਸਨ। ਪੁਲਿਸ ਦਾ ਦਾਅਵਾ ਹੈ ਕਿ ਧਮਾਕਾ ਕਰਵਾਉਣ ਲਈ ਲੜਕੀ ਨੂੰ ਆਨਲਾਈਨ ਇੱਕ ਲੱਖ ਰੁਪਏ ਦਿੱਤੇ ਗਏ ਸਨ। ਦੋਵੇਂ ਮੁਲਜ਼ਮ ਤਿੰਨ ਵਾਰ ਰਾਜਸਥਾਨ ਵੀ ਗਏ ਸਨ।
ਜ਼ਿਕਰਯੋਗ ਹੈ ਕਿ 3 ਨਵੰਬਰ ਨੂੰ ਅਨੂਪਗੜ੍ਹ-ਸੂਰਤਗੜ੍ਹ ਰੇਲਵੇ ਮਾਰਗ ’ਤੇ ਪਿੰਡ 50 ਜੀਬੀ ਨੇੜੇ ਧਮਾਕਾ ਹੋਇਆ ਸੀ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਦੋ ਪਿਸਤੌਲ, 40 ਕਾਰਤੂਸ ਅਤੇ 30 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।





