ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਥਾਪਨਾ ਦਿਵਸ ਸਮਾਗਮ ਕਰਵਾਇਆ ਗਿਆ।
SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸੰਸਥਾ ਸਿੱਖ ਕੌਮ ਦੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ ਦਾ ਨਤੀਜਾ ਹੈ। ਇਸ ਦੀ ਸਥਾਪਨਾ ਦਾ ਉਦੇਸ਼ ਗੁਰਦੁਆਰਿਆਂ ਦੇ ਪ੍ਰਬੰਧ ਦੇ ਨਾਲ-ਨਾਲ ਸਿੱਖ ਧਰਮ ਦਾ ਪ੍ਰਚਾਰ, ਗੁਰਮਤਿ ਸਿਧਾਂਤਾਂ ਦਾ ਪ੍ਰਸਾਰ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਕਰਨਾ ਸੀ। ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸੰਸਥਾ ਦੀਆਂ ਸੇਵਾਵਾਂ ਨੂੰ ਹੋਰ ਵਿਸ਼ਾਲ ਕਰਨ ਦੀ ਅਪੀਲ ਕੀਤੀ।
ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਇਸ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਉਨ੍ਹਾਂ ਨੇ SGPC ਦੀ ਸਥਾਪਨਾ ਦਾ ਇਤਿਹਾਸ ਵੀ ਸਾਂਝਾ ਕੀਤਾ।





