ਇਥੋਪੀਆ ਤੋਂ ਅਫ਼ਰੀਦੀ ਦੀ ਡਿਪੋਰਟੇਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਿਕ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਕੋਲੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਅਨੁਸਾਰ, ਗ੍ਰਿਫ਼ਤਾਰ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਹਨ। ਮੁੱਢਲੀ ਜਾਂਚ ਵਿੱਚ ਇਨ੍ਹਾਂ ਦੇ ਸਬੰਧ ਫਿਰੌਤੀ ਲਈ ਕੀਤੀਆਂ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਵੀ ਸਾਹਮਣੇ ਆਏ ਹਨ।
ਪੁਲਿਸ ਮੁਤਾਬਕ, ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾ ਰਹੇ ਸਨ। ਇਨ੍ਹਾਂ ’ਤੇ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਵੀ ਦੋਸ਼ ਹਨ। ਪੁਲਿਸ ਹੁਣ ਗਿਰੋਹ ਦੇ ਹੋਰ ਮੈਂਬਰਾਂ, ਹਥਿਆਰਾਂ ਦੀ ਸਪਲਾਈ ਅਤੇ ਪਿਛਲੀਆਂ ਵਾਰਦਾਤਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ।





