ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸਭਰਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦਾ ਐਲਾਨ ਵੀ ਕਰ ਸਕਦੇ ਹਨ। ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੀ ਇਹ ਪੱਟੀ ਵਿੱਚ ਪਹਿਲੀ ਆਮਦ ਹੈ।
ਮੁੱਖ ਮੰਤਰੀ ਦੀ ਇਸ ਰੈਲੀ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਲਾਲਜੀਤ ਸਿੰਘ ਭੁੱਲਰ ਨੇ ਜਿੱਤ ਹਾਸਲ ਕੀਤੀ ਸੀ। ਹਾਲਾਂਕਿ, ਡੀ.ਐੱਮ. ਖੁਦਕੁਸ਼ੀ ਮਾਮਲੇ ਵਿੱਚ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ ਅਤੇ ਬਾਅਦ ਵਿੱਚ ਉਹ ਜੇਲ੍ਹ ਵੀ ਗਏ।
ਰੈਲੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਜਲ ਸਰੋਤ ਪ੍ਰਬੰਧਨ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਵੱਲੋਂ ਵੀ ਯਤਨ ਕੀਤੇ ਜਾ ਰਹੇ ਹਨ। ਪੱਟੀ ਹਲਕੇ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੇ ਰੈਲੀ ਵਿੱਚ ਪਹੁੰਚਣ ਦੀ ਉਮੀਦ ਹੈ।
ਇਸ ਰੈਲੀ ਨੂੰ ਜਸਕੰਵਰ ਸਿੰਘ ਜੱਸਾ ਪੱਟੀ ਦੇ ਸਿਆਸੀ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪਰਿਵਾਰ ਰੈਲੀ ਵਿੱਚ ਸ਼ਾਮਲ ਹੁੰਦਾ ਹੈ ਜਾਂ ਇਸ ਤੋਂ ਦੂਰੀ ਬਣਾਈ ਰੱਖਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਐਲਾਨਾਂ ’ਤੇ ਵੀ ਸਿਆਸੀ ਹਲਕਿਆਂ ਦੀ ਨਜ਼ਰ ਰਹੇਗੀ।





