ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਲੱਖਾਂ ਨਾਨਕ ਨਾਮ ਲੇਵਾ ਸੰਗਤਾਂ ਲੰਬੇ ਸਮੇਂ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਦੀ ਉਡੀਕ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਮੁੜ ਖੋਲ੍ਹਣ ਦੇ ਸਮਰਥਨ ਵਿੱਚ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਦਾ ਐਲਾਨ ਕਰਕੇ ਸੰਗਤ ਨੂੰ ਵਿਸ਼ੇਸ਼ ਤੋਹਫ਼ਾ ਦੇਣਗੇ।

ਇਸੇ ਦੌਰਾਨ 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਲੰਬੇ ਸਮੇਂ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਉਡੀਕ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ 9 ਨਵੰਬਰ 2019 ਨੂੰ ਸ਼ੁਰੂ ਹੋਇਆ ਕਰਤਾਰਪੁਰ ਸਾਹਿਬ ਲਾਂਘਾ ਪਹਿਲਾਂ ਕੋਵਿਡ-19 ਕਾਰਨ ਮਾਰਚ 2020 ਵਿੱਚ ਬੰਦ ਕੀਤਾ ਗਿਆ ਸੀ ਅਤੇ ਨਵੰਬਰ 2021 ਵਿੱਚ ਮੁੜ ਖੋਲ੍ਹਿਆ ਗਿਆ ਸੀ। ਹਾਲਾਂਕਿ, 22 ਅਪ੍ਰੈਲ 2025 ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵਧਣ ਕਾਰਨ 7 ਮਈ 2025 ਤੋਂ ਇਸ ਰਸਤੇ ਰਾਹੀਂ ਯਾਤਰਾ ਮੁੜ ਮੁਅੱਤਲ ਕਰ ਦਿੱਤੀ ਗਈ।

ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਲਾਂਘੇ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਤੋਂ ਫਿਲਹਾਲ ਇਨਕਾਰ ਕੀਤਾ ਹੈ। ਦੂਜੇ ਪਾਸੇ, ਪਾਕਿਸਤਾਨ ਨੇ ਨਵੰਬਰ 2026 ਵਿੱਚ ਕਿਹਾ ਸੀ ਕਿ ਭਾਰਤ ਵੱਲੋਂ ਪਾਬੰਦੀ ਹਟਾਉਣ ’ਤੇ ਉਹ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹੈ।