ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫੀਮ, 10 ਗੈਰ-ਕਾਨੂੰਨੀ ਪਿਸਤੌਲ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਤੱਤਾਂ ਤੱਕ ਨਾਜਾਇਜ਼ ਹਥਿਆਰ ਪਹੁੰਚਾਉਣ ਵਿੱਚ ਮਦਦ ਕਰਦੇ ਸਨ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਦੌਰਾਨ 109 ਸ਼ੱਕੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਇਨ੍ਹਾਂ ਮਾਮਲਿਆਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਥਾਣਾ ਘਰਿੰਡਾ, ਲੋਪੋਕੇ ਅਤੇ ਭਿੰਡੀ ਸੈਦਾ ਵਿਖੇ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਤਸਕਰੀ ਨੈੱਟਵਰਕ ਦੇ ਸਬੰਧਾਂ ਦੀ ਜਾਂਚ ਅਤੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ।





