ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਦੋਵਾਂ ਵਿਧਾਨ ਸਭਾ ਹਲਕਿਆਂ ਦੇ ਕਰੀਬ 40 ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਜ਼ਿਲ੍ਹਾ ਸਵੀਪ ਨੋਡਲ ਅਫ਼ਸਰ (ਕਾਲਜਾਂ) ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਹਲਕਿਆਂ ਵਿੱਚੋਂ ਚੁਣੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ 20 ਵਿਦਿਆਰਥੀਆਂ ਨੇ ਲੇਖ ਅਤੇ 20 ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲਿਆ । ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨਾ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਹੈ ।

ਲੇਖ ਮੁਕਾਬਲੇ ਵਿੱਚ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਤੋਂ ਪ੍ਰੋ. ਸ਼ਹਿਬਾਨਾ ਅਤੇ ਸਰਕਾਰੀ ਮਿਡਲ ਸਕੂਲ ਬੇਗੋਵਾਲ ਤੋਂ ਅਵਤਾਰ ਸਿੰਘ ਨੇ ਜੱਜਾਂ ਵਜੋਂ ਸੇਵਾਵਾਂ ਨਿਭਾਈਆਂ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਕਾਲਜ ਮਾਲੇਰਕੋਟਲਾ ਤੋਂ ਪ੍ਰੋ. ਪ੍ਰਿਤਪਾਲ ਕੌਸ਼ਿਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਤੋਂ ਆਤਮਾ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ। ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲਿਆਂ ਵਿੱਚ ਜੇਤੂ ਰਹੇ 10 ਵਿਦਿਆਰਥੀਆਂ ਨੂੰ 20 ਨਵੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਮੰਤਵ ਨੌਜਵਾਨਾਂ ਵਿੱਚ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ।