ਪੰਜਾਬ ’ਚ ED ਦਾ ਸ਼ਿਕੰਜਾ ਸਖ਼ਤ, ਦੋ ਮਹੀਨਿਆਂ ’ਚ 20 ਅਧਿਕਾਰੀਆਂ ਨੂੰ ਸੰਮਨ

28/11/2026 | Public Times Bureau | Panjab

ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਜਾਂਚਾਂ ਤੇਜ਼ ਹੋ ਗਈਆਂ ਹਨ। ਪਿਛਲੇ ਦੋ ਮਹੀਨਿਆਂ ਦੌਰਾਨ ਏਜੰਸੀ ਨੇ ਕਰੀਬ 20 ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਮੁੱਖ ਸਕੱਤਰ ਕੇਏਪੀ ਸਿਨਹਾ, ਪ੍ਰਮੁੱਖ ਸਕੱਤਰਾਂ, IAS, PCS ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ।

ED ਦੀ ਜਾਂਚ ਮੁੱਖ ਤੌਰ ’ਤੇ ਤਿੰਨ ਮਾਮਲਿਆਂ ’ਤੇ ਕੇਂਦਰਿਤ ਹੈ। ਇਨ੍ਹਾਂ ਵਿੱਚ ਗਮਾਡਾ ਦੀਆਂ ਜ਼ਮੀਨਾਂ ਦੀ ਅਲਾਟਮੈਂਟ ਤੇ ਨਿਲਾਮੀ ਵਿੱਚ ਕਥਿਤ ਬੇਨਿਯਮੀਆਂ, ਹੈਂਪਟਨ ਸਕਾਈ ਰੀਅਲਟੀ ਨਾਲ ਜੁੜੇ ਜਾਇਦਾਦੀ ਲੈਣ-ਦੇਣ ਅਤੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ਾਮਲ ਹੈ।

ਗਮਾਡਾ ਮਾਮਲੇ ਵਿੱਚ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਨੂੰ 26 ਨਵੰਬਰ ਨੂੰ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (PMLA) ਤਹਿਤ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ। ਇਸ ਤੋਂ ਇਲਾਵਾ ਗਮਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਸਾਬਕਾ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਸਮੇਤ ਹੋਰ ਅਧਿਕਾਰੀਆਂ ਤੋਂ ਵੀ ਜਾਣਕਾਰੀ ਤੇ ਰਿਕਾਰਡ ਮੰਗੇ ਗਏ ਹਨ।

ਇਸ ਮਾਮਲੇ ਵਿੱਚ ED ਨੇ 22 ਸਤੰਬਰ ਨੂੰ ਦਿੱਲੀ, ਮੋਹਾਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਵਿੱਚ 26 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਜਾਂਚ ਦਾ ਕੇਂਦਰ ਜ਼ਮੀਨਾਂ ਦੀਆਂ ਰਾਖਵੀਆਂ ਕੀਮਤਾਂ, ਨਿਲਾਮੀ ਪ੍ਰਕਿਰਿਆ ਅਤੇ ਮਾਸਟਰ ਪਲਾਨ ਵਿੱਚ ਕਥਿਤ ਤਬਦੀਲੀਆਂ ਰਾਹੀਂ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹਨ। ਏਜੰਸੀ ਨੂੰ ਸ਼ੱਕ ਹੈ ਕਿ ਇਨ੍ਹਾਂ ਬੇਨਿਯਮੀਆਂ ਕਾਰਨ ਸਰਕਾਰ ਅਤੇ ਗਮਾਡਾ ਨੂੰ ਕਰੀਬ 10 ਹਜ਼ਾਰ ਕਰੋੜ ਰੁਪਏ ਦਾ ਸੰਭਾਵੀ ਨੁਕਸਾਨ ਹੋ ਸਕਦਾ ਹੈ।

ਦੂਜੇ ਪਾਸੇ, ਹੈਂਪਟਨ ਸਕਾਈ ਰੀਅਲਟੀ ਲਿਮਟਿਡ (ਪਹਿਲਾਂ RPIL) ਨਾਲ ਜੁੜੇ ਜ਼ਮੀਨ ਅਤੇ ਜਾਇਦਾਦ ਦੇ ਸੌਦੇ ਵੀ ਜਾਂਚ ਅਧੀਨ ਹਨ। ਕੰਪਨੀ ਦਾ ਨਾਂ 'ਆਪ' ਮੰਤਰੀ ਸੰਜੀਵ ਅਰੋੜਾ ਨਾਲ ਜੁੜਿਆ ਹੈ। ਇਸ ਮਾਮਲੇ ਵਿੱਚ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਤੋਂ ਅਗਸਤ ਅਤੇ ਸਤੰਬਰ ਦੌਰਾਨ ਪੁੱਛਗਿੱਛ ਕੀਤੀ ਗਈ ਸੀ।

ਤੀਜੇ ਮਾਮਲੇ ਵਿੱਚ ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਫਾਜ਼ਿਲਕਾ ਦੇ SSP ਗਗਨ ਅਜੀਤ ਸਿੰਘ ਸਮੇਤ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ।

ਉਧਰ, ਆਮ ਆਦਮੀ ਪਾਰਟੀ ਨੇ ED ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ’ਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੰਮਨਾਂ ਦਾ ਮਕਸਦ ਪੰਜਾਬ ਸਰਕਾਰ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਨਾ ਹੈ। ਲਗਾਤਾਰ ਸੰਮਨਾਂ ਕਾਰਨ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਹਲਚਲ ਹੈ। ਅਧਿਕਾਰੀਆਂ ਨੂੰ ਪੁਰਾਣੀਆਂ ਫਾਈਲਾਂ ਅਤੇ ਰਿਕਾਰਡ ਤਿਆਰ ਕਰਕੇ ਜਾਂਚ ਵਿੱਚ ਪੇਸ਼ ਹੋਣਾ ਪੈ ਰਿਹਾ ਹੈ।

Ed s Crackdown In Punjab Tightens Summons 20 Officers In Two Months


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App